ਏਐੱਨਆਈ, ਨਵੀਂ ਦਿੱਲੀ : ਸੁਪਰੀਮ ਕੋਰਟ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਅੱਜ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਦੌਰਾਨ ਪੀਐੱਮ ਮੋਦੀ, ਜੇਪੀ ਨੱਡਾ ਅਤੇ ਗੁਲਾਮ ਨਬੀ ਆਜ਼ਾਦ ਸਮੇਤ ਕਈ ਨੇਤਾਵਾਂ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਪੀਐਮ ਮੋਦੀ ਨੇ ਅੱਜ ਦੇ ਫ਼ੈਸਲੇ ਨੂੰ ਇਤਿਹਾਸਕ ਦੱਸਿਆ ਹੈ।

ਪੀਐੱਮ ਮੋਦੀ ਨੇ ਫੈਸਲੇ ਨੂੰ ਦੱਸਿਆ ਇਤਿਹਾਸਕ

ਪੀਐੱਮ ਮੋਦੀ ਨੇ ਐਕਸ ‘ਤੇ ਲਿਖਿਆ- ‘ਧਾਰਾ 370 ਨੂੰ ਖਤਮ ਕਰਨ ‘ਤੇ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ ਹੈ, ਜੋ 5 ਅਗਸਤ, 2019 ਨੂੰ ਭਾਰਤ ਦੀ ਸੰਸਦ ਦੁਆਰਾ ਲਏ ਗਏ ਫੈਸਲੇ ਨੂੰ ਸੰਵਿਧਾਨਕ ਤੌਰ ‘ਤੇ ਬਰਕਰਾਰ ਰੱਖਦਾ ਹੈ। ਇਹ ਜੰਮੂ, ਕਸ਼ਮੀਰ ਅਤੇ ਲੱਦਾਖ ਵਿਚ ਸਾਡੀਆਂ ਭੈਣਾਂ ਅਤੇ ਭਰਾਵਾਂ ਲਈ ਉਮੀਦ, ਤਰੱਕੀ ਅਤੇ ਏਕਤਾ ਦਾ ਸ਼ਾਨਦਾਰ ਐਲਾਨ ਹੈ। ਅਦਾਲਤ ਨੇ ਆਪਣੇ ਡੂੰਘੇ ਗਿਆਨ ਨਾਲ ਏਕਤਾ ਦੇ ਮੂਲ ਤੱਤ ਨੂੰ ਮਜ਼ਬੂਤ ​​ਕੀਤਾ ਹੈ, ਜਿਸ ਨੂੰ ਅਸੀਂ ਭਾਰਤੀ ਹੋਣ ਦੇ ਨਾਤੇ ਸਭ ਤੋਂ ਵੱਧ ਮਹੱਤਵ ਦਿੰਦੇ ਹਾਂ।

ਜੰਮੂ-ਕਸ਼ਮੀਰ ਤੇ ਲੱਦਾਖ ਦੇ ਲੋਕਾਂ ਦੇ ਸੁਪਨੇ ਪੂਰਾ ਕਰਨ ਲਈ ਸਾਡੀ ਵਚਨਬੱਧਤਾ

ਉਨ੍ਹਾਂ ਅੱਗੇ ਕਿਹਾ ਕਿ ਮੈਂ ਜੰਮੂ-ਕਸ਼ਮੀਰ ਤੇ ਲੱਦਾਖ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਤੁਹਾਡੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਾਡੀ ਵਚਨਬੱਧਤਾ ਅਟੁੱਟ ਹੈ। ਅਸੀਂ ਇਹ ਸੁਨਿਸ਼ਚਿਤ ਕਰਨ ਲਈ ਵਚਨਬੱਧ ਹਾਂ ਕਿ ਤਰੱਕੀ ਦੇ ਲਾਭ ਨਾ ਸਿਰਫ਼ ਤੁਹਾਡੇ ਤੱਕ ਸਗੋਂ ਸਾਡੇ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਵਾਂਝੇ ਵਰਗਾਂ ਤੱਕ ਵੀ ਪਹੁੰਚੇ, ਜਿਨ੍ਹਾਂ ਨੂੰ ਧਾਰਾ 370 ਕਾਰਨ ਨੁਕਸਾਨ ਝੱਲਣਾ ਪਿਆ ਹੈ। ਅੱਜ ਦਾ ਫ਼ੈਸਲਾ ਸਿਰਫ਼ ਕਾਨੂੰਨੀ ਫ਼ੈਸਲਾ ਨਹੀਂ ਹੈ। ਇਹ ਉਮੀਦ ਦੀ ਕਿਰਨ ਹੈ, ਸੁਨਹਿਰੇ ਭਵਿੱਖ ਦਾ ਵਾਅਦਾ ਹੈ ਅਤੇ ਇੱਕ ਮਜ਼ਬੂਤ, ਵਧੇਰੇ ਸੰਯੁਕਤ ਭਾਰਤ ਬਣਾਉਣ ਦੇ ਸਾਡੇ ਸਮੂਹਿਕ ਸੰਕਲਪ ਦਾ ਪ੍ਰਮਾਣ ਹੈ।

ਅਮਿਤ ਸ਼ਾਹ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, ‘ਮੈਂ ਧਾਰਾ 370 ਨੂੰ ਖਤਮ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਣ ਵਾਲੇ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ।