ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ (ਸੁਧਾਰ ਲਹਿਰ) ਤੋਂ ਬਣਾਈ ਦੂਰੀ, ਪੰਥਕ ਏਕਤਾ ਨੂੰ ਦੱਸਿਆ ਸਮੇਂ ਦੀ ਮੁੱਖ ਲੋੜ
ਪਟਿਆਲਾ: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਿਲਜੁਲ ਦੇਖਣ ਨੂੰ ਮਿਲੀ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ (ਸੁਧਾਰ ਲਹਿਰ) ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਏਕਤਾ ਲਈ ਇੱਕ ਸਾਂਝੇ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਮਗਰੋਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਮੌਜੂਦਾ ਧੜੇ ਨਾਲ ਉਨ੍ਹਾਂ ਦੀ ਸੋਚ, ਵਿਚਾਰ ਅਤੇ ਕੰਮ ਕਰਨ ਦਾ ਤਰੀਕਾ ਮੇਲ ਨਹੀਂ ਖਾਂਦਾ।
ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਉਮਰ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਉਹ ਪੰਜਾਬ ਦੇ ਹਿੱਤਾਂ ਲਈ ਕੋਈ ਠੋਸ ਅਤੇ ਸਾਰਥਕ ਰੋਲ ਅਦਾ ਨਹੀਂ ਕਰ ਪਾ ਰਹੇ ਸਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਉਨ੍ਹਾਂ ਦੀ ਭੂਮਿਕਾ ਮਹਿਜ਼ ਅਖਬਾਰੀ ਬਿਆਨਾਂ ਤੱਕ ਸੀਮਤ ਹੋ ਕੇ ਰਹਿ ਗਈ ਸੀ।
ਚੰਦੂਮਾਜਰਾ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਦੀ ਆਪਸੀ ਫੁੱਟ ਦਾ ਪੂਰਾ ਫਾਇਦਾ ਉਠਾ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਪਲੇਟਫਾਰਮ 'ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਹਮੇਸ਼ਾ ਵਾਂਗ ਦ੍ਰਿੜ੍ਹ ਰਹੇਗੀ।



