ਸੰਗਰੂਰ ਦੀ ਇਨਸਾਫ਼ ਰੈਲੀ ‘ਚ ਰਾਜਾ ਵੜਿੰਗ ਦੀ ਗਰਜ, ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਿਆ ਕਰੜੇ ਹੱਥੀਂ
ਸੰਗਰੂਰ: ਪੰਜਾਬ ਕਾਂਗਰਸ ਵੱਲੋਂ ਸੰਗਰੂਰ ਵਿਖੇ ਇੱਕ ਵਿਸ਼ਾਲ ਇਨਸਾਫ਼ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਉਚੇਚੇ ਤੌਰ 'ਤੇ ਪੁੱਜੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ 'ਤੇ ਡੂੰਘੀ ਚਿੰਤਾ ਪ੍ਰਗਟਾਈ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਸਾਲ ਪਹਿਲਾਂ ਹੀ ਪੰਜਾਬ ਵਿੱਚ ਨਸ਼ੇ ਦੇ ਮੁੱਦੇ 'ਤੇ ਚਿੰਤਾ ਜ਼ਾਹਰ ਕੀਤੀ ਸੀ, ਪਰ ਉਸ ਵੇਲੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੀ ਗੱਲ ਦਾ ਵਿਰੋਧ ਕੀਤਾ ਸੀ। ਅੱਜ ਹਾਲਾਤ ਇਹ ਹਨ ਕਿ ਨਸ਼ੇ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ ਅਤੇ ਸੂਬੇ ਦੀ ਹਰ ਮਾਂ ਆਪਣੇ ਪੁੱਤ ਦੇ ਭਵਿੱਖ ਨੂੰ ਲੈ ਕੇ ਫਿਕਰਮੰਦ ਹੈ। ਇਸ ਦੌਰਾਨ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਵੀ ਮੌਜੂਦਾ ਸੂਬਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।
ਰਾਜਾ ਵੜਿੰਗ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਅੱਜ ਜੋ ਵੀ ਪਛਾਣ ਹੈ, ਉਹ ਕਾਂਗਰਸ ਪਾਰਟੀ ਦੀ ਬਦੌਲਤ ਹੀ ਹੈ। ਉਨ੍ਹਾਂ ਵਰਕਰਾਂ ਨੂੰ ਬਿਨਾਂ ਕਿਸੇ ਅਹੁਦੇ ਦੇ ਲਾਲਚ ਤੋਂ ਆਉਣ ਵਾਲੇ 3-4 ਮਹੀਨੇ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੂਰੇ ਭਰੋਸੇ ਨਾਲ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਹੀ ਸਰਕਾਰ ਬਣੇਗੀ।



