ਏਜੰਸੀ, ਨਵੀਂ ਦਿੱਲੀ। ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਤੇ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਧੁੰਦ ਹੌਲੀ-ਹੌਲੀ ਘੱਟ ਹੋਣੀ ਸ਼ੁਰੂ ਹੋ ਜਾਵੇਗੀ।

ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੀ ਚੇਤਾਵਨੀ

ਮੌਸਮ ਵਿਗਿਆਨੀਆਂ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਠੰਢੇ ਦਿਨ ਤੋਂ ਲੈ ਕੇ ਸਖ਼ਤ ਠੰਢ ਦੇ ਹਾਲਾਤ ਬਣੇ ਰਹਿਣਗੇ ਅਤੇ ਇਸ ਤੋਂ ਬਾਅਦ ਇਸ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਆਪਣੇ ਬੁਲੇਟਿਨ ਵਿੱਚ ਕਿਹਾ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ 6-9 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਉੱਤਰੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ ਅਤੇ ਉੱਤਰੀ ਛੱਤੀਸਗੜ੍ਹ ਵਿੱਚ 10-12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ‘ਚ ਮੀਂਹ ਦੀ ਸੰਭਾਵਨਾ

ਬੁਲੇਟਿਨ ਵਿੱਚ ਕਿਹਾ ਗਿਆ ਹੈ, “ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ 2-4 ਡਿਗਰੀ ਸੈਲਸੀਅਸ ਤੋਂ ਉੱਪਰ ਹੈ।” ਆਈਐਮਡੀ ਨੇ ਅੱਗੇ ਭਵਿੱਖਬਾਣੀ ਕੀਤੀ ਹੈ ਕਿ ਸੰਘਣੀ ਧੁੰਦ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ। ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਸ਼ੁੱਕਰਵਾਰ ਤੋਂ ਬਾਅਦ ਅਗਲੇ ਦੋ-ਤਿੰਨ ਦਿਨਾਂ ਤੱਕ ਸਵੇਰ ਅਤੇ ਰਾਤ ਦੇ ਸਮੇਂ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਹੋਰ ਵੀ ਵਧ ਜਾਵੇਗੀ।

ਇਸ ਵਿਚ ਕਿਹਾ ਗਿਆ ਹੈ, “ਬੁੱਧਵਾਰ ਤੇ ਵੀਰਵਾਰ ਨੂੰ ਰਾਜਸਥਾਨ ਦੇ ਕੁਝ ਹਿੱਸਿਆਂ ਤੇ ਬੁੱਧਵਾਰ ਦੀ ਸਵੇਰ ਨੂੰ ਉੱਤਰੀ ਮੱਧ ਪ੍ਰਦੇਸ਼ ਦੇ ਅਲੱਗ-ਥਲੱਗ ਹਿੱਸਿਆਂ ਵਿਚ ਸੰਘਣੀ ਧੁੰਦ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।”

ਪੂਰੇ ਹਫ਼ਤਾ ਝੱਲਣੀ ਪਵੇਗੀ ਠੰਢ ਦੀ ਮਾਰ

ਆਈਐਮਡੀ ਨੇ ਕਿਹਾ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ ਅਤੇ ਸ਼ੁੱਕਰਵਾਰ-ਸ਼ਨੀਵਾਰ ਨੂੰ ਅਲੱਗ-ਅਲੱਗ ਖੇਤਰਾਂ ਵਿੱਚ ਠੰਢੇ ਦਿਨ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।