ਨਵੀਂ ਦਿੱਲੀ, ਰਾਇਟਰਜ਼ : ਮੋਦੀ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹਿਲਾ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੁੱਗਣੀ ਕਰ ਸਕਦੀ ਹੈ। ਇਸ ਸਮੇਂ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਦੋ-ਦੋ ਹਜ਼ਾਰ ਰੁਪਏ ਦੀਆਂ ਕਿਸ਼ਤਾਂ ਵਿੱਚ ਕੁੱਲ ਛੇ ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ।

ਮਹਿਲਾ ਕਿਸਾਨਾਂ ਲਈ ਇਸ ਨੂੰ ਵਧਾ ਕੇ 12,000 ਰੁਪਏ ਕਰਨ ਦੀ ਯੋਜਨਾ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਸ ਯੋਜਨਾ ਦਾ ਐਲਾਨ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ‘ਚ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਸਰਕਾਰ ‘ਤੇ ਸਾਲਾਨਾ 120 ਅਰਬ ਰੁਪਏ ਦਾ ਬੋਝ ਵਧੇਗਾ।

ਸੂਤਰਾਂ ਮੁਤਾਬਕ ਸਰਕਾਰ ਇਸ ਯੋਜਨਾ ਨੂੰ ਲਾਗੂ ਕਰਕੇ ਮਹਿਲਾ ਸਸ਼ਕਤੀਕਰਨ ਵੱਲ ਇਕ ਕਦਮ ਅੱਗੇ ਵਧੇਗੀ। ਖੇਤੀ ਮੰਤਰਾਲੇ ਅਤੇ ਵਿੱਤ ਮੰਤਰਾਲੇ ਨੇ ਇਸ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਮੇਂ ਦੇਸ਼ ਵਿੱਚ ਕਿਸਾਨ ਪਰਿਵਾਰਾਂ ਦੀ ਆਬਾਦੀ 26 ਕਰੋੜ ਹੈ। ਇਨ੍ਹਾਂ ਵਿੱਚੋਂ 60 ਫੀਸਦੀ ਔਰਤਾਂ ਹਨ।

ਸਰਕਾਰੀ ਅੰਕੜਿਆਂ ਅਨੁਸਾਰ ਇਸ ਆਬਾਦੀ ਦਾ ਸਿਰਫ਼ 13 ਫ਼ੀਸਦੀ ਹੀ ਵਾਹੀਯੋਗ ਜ਼ਮੀਨ ਦਾ ਮਾਲਕ ਹੈ। ਸਰਕਾਰ ਪਿਛਲੇ ਕੁਝ ਸਾਲਾਂ ਤੋਂ ਕਿਸਾਨਾਂ ਨੂੰ ਨਕਦ ਰਾਸ਼ੀ ਦੇ ਰਹੀ ਹੈ। ਪਿਛਲੇ ਸਾਲ ਨਵੰਬਰ ਤੱਕ ਅਜਿਹੀਆਂ ਕੁੱਲ 15 ਕਿਸ਼ਤਾਂ ਦਿੱਤੀਆਂ ਜਾ ਚੁੱਕੀਆਂ ਹਨ। ਸਰਕਾਰ ਨੇ ਇਸ ਮਦ ਤਹਿਤ ਹੁਣ ਤੱਕ 2.81 ਲੱਖ ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ।