ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਚਿੱਟੇ ਦੇ ਨਸ਼ੇ ਦੇ ਆਦੀ ਵਿਅਕਤੀ ਨੇ ਨਸ਼ੇ ਵਿੱਚ ਧੁੱਤ ਹੋ ਕੇ ਆਪਣੇ ਬਜ਼ੁਰਗ ਪਿਤਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਥਾਣਾ ਸ਼ਮਿਲਾਪੁਰੀ ਦੀ ਪੁਲਿਸ ਨੇ ਗਲੀ ਨੰਬਰ ਤਿੰਨ ਸ਼ਮਿਲਾਪੁਰੀ ਦੇ ਵਾਸੀ ਜਸਵਿੰਦਰ ਸਿੰਘ ਦੀ ਸ਼ਿਕਾਇਤ ਤੇ ਉਸਦੇ ਬੇਟੇ ਮਨਪ੍ਰੀਤ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਬੇਟਾ ਪਿਛਲੇ ਲੰਮੇ ਸਮੇਂ ਤੋਂ ਚਿੱਟੇ ਦੇ ਨਸ਼ੇ ਦੀ ਗ੍ਰਿਫ਼ਤ ਵਿੱਚ ਹੈ। ਉਸ ਨੂੰ ਬੇਦਖਲ ਕਰਨ ਦੇ ਬਾਵਜੂਦ ਉਹ ਜ਼ਬਰਦਸਤੀ ਉਨ੍ਹਾਂ ਦੇ ਕੋਲ ਆ ਕੇ ਰਹਿ ਰਿਹਾ ਹੈ। ਸ਼ਕਿਾਇਤ ਵਿੱਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਅਕਸਰ ਉਨ੍ਹਾਂ ਦੀ ਅਤੇ ਉਨਾਂ ਦੀ ਪਤਨੀ ਜਗਜੀਤ ਕੌਰ ਦੀ ਕੁੱਟਮਾਰ ਕਰਦਾ ਹੈ। ਬਜ਼ੁਰਗ ਮਾਪੇ ਹਰ ਵੇਲੇ ਆਪਣੇ ਪੁੱਤਰ ਕੋਲੋਂ ਸਹਿਮੇ ਰਹਿੰਦੇ ਹਨ। ਜਸਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਸਨੇ ਚਿੱਟੇ ਦਾ ਨਸ਼ਾ ਕੀਤਾ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼ਕਿਾਇਤਕਰਤਾ ਜਸਵਿੰਦਰ ਸਿੰਘ ਦੀ ਸ਼ਕਿਾਇਤ ਤੇ ਮੁਲਜਮ ਮਨਪ੍ਰੀਤ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਲੜਾਈ-ਝਗੜੇ ਦੀ ਇੱਕ ਹੋਰ ਘਟਨਾ ਜੁਗਿਆਣਾ ਇਲਾਕੇ ਵਿੱਚ ਸਾਹਮਣੇ ਆਈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਕਿਾਇਤ ਦਿੰਦਿਆਂ ਪਿੰਡ ਜੁਗਿਆਣਾ ਦੇ ਰਹਿਣ ਵਾਲੇ ਗੁਰਮੁਖ ਸਿੰਘ ਨੇ ਦੱਸਿਆ ਕਿ ਇੱਕ ਪਰਿਵਾਰ ਦੇ ਕੁਝ ਅੱਧਾ ਦਰਜਨ ਤੋਂ ਵੱਧ ਜੀਆਂ ਨੇ ਆਪਣੇ ਚਾਰ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਉੱਪਰ ਕਹੀ ਨਾਲ ਹਮਲਾ ਕਰ ਦਿੱਤਾ। ਝਗੜੇ ਦੇ ਦੌਰਾਨ ਮੁਲਜ਼ਮਾਂ ਨੇ ਰਾਡਾਂ ਦੀ ਵਰਤੋਂ ਵੀ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਨ੍ਹਾਂ ਉੱਪਰ ਪੁਰਾਣੀ ਰੰਜਿਸ਼ ਦੇ ਚਲਦੇ ਹਮਲਾ ਕੀਤਾ ਹੈ। ਦਰਅਸਲ ਗੁਰਮੁਖ ਸਿੰਘ ਨੇ ਕੁਝ ਦਿਨ ਪਹਿਲਾਂ ਘਰ ਦੇ ਸਾਹਮਣੇ ਪਾਰਕ ਵਿੱਚ ਬੈਠੇ ਨੌਜਵਾਨਾਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕਿਆ ਸੀ। ਇਸੇ ਰੰਜਿਸ਼ ਦੇ ਚਲਦਿਆਂ ਮੁਲਜ਼ਮਾਂ ਨੇ ਗੁਰਮੁਖ ਸਿੰਘ ਅਤੇ ਉਨ੍ਹਾਂ ਦੀ ਲੜਕੀ ਬਲਵੰਤ ਕੌਰ ਦੇ ਸੱਟਾਂ ਮਾਰੀਆਂ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਇੱਕ ਪਰਿਵਾਰ ਦੇ ਸੱਤ ਜੀਆਂ ਦੇ ਖਿਲਾਫ਼ ਮੁਕਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਤੇ ਵੀ ਐਫਆਈਆਰ ਦਰਜ ਕੀਤੀ ਹੈ।