ਜਾਗਰਣ ਪੱਤਰ ਪ੍ਰੇਰਕ, ਅੰਮ੍ਰਿਤਸਰ : ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਛੇਹਰਟਾ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਨੂੰ ਲੋਕਾਂ ਨੂੰ ਸਮਰਪਿਤ ਕੀਤੇ ਜਾਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਹ ਸਵਾਲ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਫੇਸਬੁੱਕ ਪੋਸਟ ‘ਤੇ ਉਠਾਇਆ ਹੈ, ਜਿਸ ‘ਚ ਉਨ੍ਹਾਂ ਛੇਹਰਟਾ ਦੇ ਸਕੂਲ ਦੀਆਂ ਤਸਵੀਰਾਂ ਪਾ ਕੇ ਕਿਹਾ ਹੈ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੀ ਸਿੱਖਿਆ ਕ੍ਰਾਂਤੀ ‘ਚ ਇਕ ਨਵੀਂ ਪਹਿਲ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਜੇਕਰ ਇਹ ਸਕੂਲ ਨਵਾਂ ਬਣਾਇਆ ਗਿਆ ਹੈ ਤਾਂ ਇਹ ਸਕੂਲ ਉਨ੍ਹਾਂ ਨੂੰ ਜ਼ਰੂਰ ਦਿਖਾਇਆ ਜਾਵੇ।

ਜਿੱਥੋਂ ਤਕ ਉਨ੍ਹਾਂ ਨੂੰ ਪਤਾ ਹੈ ਹੈ ਕਿ ਸਕੂਲ ਪਹਿਲਾਂ ਤੋਂ ਹੀ ਇਕ ਬਿਹਤਰੀਨ ਸਕੂਲ ਹੈ, ਉਨ੍ਹਾਂ ਨੂੰ ਕਈ ਵਾਰ ਸਕੂਲ ਦਾ ਦੌਰਾ ਕਰਨ ਦਾ ਮੌਕਾ ਮਿਲਿਆ ਹੈ। ਪਿਛਲੀਆਂ ਸਰਕਾਰਾਂ ਵੱਲੋਂ ਸਕੂਲ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਸੀ। ਇਹ ਸੱਚ ਹੈ ਕਿ ਸਕੂਲ ‘ਚ ਹੁਣ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤਕ ਉਨ੍ਹਾਂ ਨੂੰ ਪਤਾ ਹੈ, ਮਰਹੂਮ ਸਤਪਾਲ ਡਾਂਗ ਨੇ ਇਸ ਸਕੂਲ ਦਾ ਕਾਇਆਕਲਪ ਕੀਤਾ ਸੀ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਤੀਜੀ ਮਧੂ ਡਾਂਗ ਨੇ ਇਕ ਪ੍ਰੋਗਰਾਮ ਕਰਵਾਇਆ ਸੀ ਤੇ ਉਸ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਨੂੰ ਮੌਕਾ ਮਿਲਿਆ ਸੀ।

ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀ ਆਪਣੇ ਐਕਸ ਹੈਂਡਲ ‘ਤੇ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਕੀਤੀ ਪੋਸਟ ਤੇ ਕੁੰਵਰ ਵਿਜੈ ਪ੍ਰਤਾਪ ਵੱਲੋਂ ਕੀਤੇ ਕੁਮੈਂਟ ਨੂੰ ਜੋੜ ਕੇ ਸਾਂਝਾ ਕਰ ਕੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ।