ਸਤਵਿੰਦਰ ਸ਼ਰਮਾ, ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਰਬਪੱਖੀ ਵਿਕਾਸ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਸਥਾਨਕ ਮਾਇਆ ਸੋਪ ਫੈਕਟਰੀ ਨੇੜੇ ਗਲੀ ਨੰਬਰ 3, 5 ਤੇ 6 ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਲੰਬੇ ਸਮੇਂ ਤੋਂ ਇਲਾਕੇ ਦੇ ਵਿਕਾਸ ਕਾਰਜ ਰੁਕੇ ਹੋਏ ਸਨ ਤੇ ਇਲਾਕਾ ਨਿਵਾਸੀਆਂ ‘ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ। ਹਲਕੇ ਦੇ ਵਸਨੀਕਾ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਤੇ ਵਿਕਾਸ ਕਾਰਜ ਦਿਨ-ਰਾਤ ਚੱਲ ਰਹੇ ਹਨ ਜਿਸ ਤਹਿਤ ਹਲਕੇ ਦੀ ਹਰ ਇੱਕ ਗਲੀ ਨੂੰ ਪੱਕਾ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ ਉਨ੍ਹਾਂ ਮੋਬਾਈਲ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਵਿਧਾਇਕ ਸਿੱਧੂ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਈਲ ਵੈਨ ਦਾ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਮੌਕੇ ‘ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।


