ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ: ਪੱਖੇ ਨਾਲ ਫਾਹਾ ਲਗਾ ਕੇ ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਗਿਆਨ ਪ੍ਰਕਾਸ਼ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਪਵਨ ਕੁਮਾਰ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਕਾਬਲੇ ਗੌਰ ਹੈ ਕਿ ਵਿਆਹੁਤਾ ਸ਼ਾਲਨੀ ਸਾਹੂ ਨੇ ਆਪਣੇ ਪਤੀ ਦੀ ਕੁੱਟਮਾਰ ਤੋਂ ਪਰੇਸ਼ਾਨ ਹੋ ਕੇ 11 ਦਸੰਬਰ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੜਤਾਲ ਕੀਤੀ ਅਤੇ ਅਮੇਠੀ ਉੱਤਰ ਪ੍ਰਦੇਸ਼ ਦੇ ਵਾਸੀ ਗਿਆਨ ਪ੍ਰਕਾਸ਼ ਦੀ ਸ਼ਿਕਾਇਤ ‘ਤੇ ਈਡਬਲਐਸ ਕਾਲੋਨੀ ਲੁਧਿਆਣਾ ਦੇ ਰਹਿਣ ਵਾਲੇ ਪਵਨ ਕੁਮਾਰ ਖਿਲਾਫ਼ ਮੁਕੱਦਮਾ ਦਰਜ ਕੀਤਾ l ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗਿਆਨ ਪ੍ਰਕਾਸ਼ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ 13 ਸਤੰਬਰ 2023 ਨੂੰ ਪਵਨ ਨਾਲ ਹੋਇਆ ਸੀ l ਵਿਆਹ ਦੇ ਕੁਝ ਦਿਨਾਂ ਬਾਅਦ ਹੀ ਮੁਲਜ਼ਮ ਉਸਦੀ ਭੈਣ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਿਆ l ਕੁਝ ਮਹੀਨਿਆਂ ਤੱਕ ਅਜਿਹਾ ਹੀ ਚੱਲਦਾ ਰਿਹਾ ਅਤੇ ਲੜਕੀ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸਨੇ 11 ਦਸੰਬਰ ਨੂੰ ਫਾਹਾ ਲਗਾ ਕੇ ਆਪਣੇ ਜੀਵਨ ਲੀਲਾ ਖਤਮ ਕਰ ਲਈ l ਉਧਰੋਂ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਏਐਸਆਈ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਪਵਨ ਕੁਮਾਰ ਖਿਲਾਫ਼ ਕੇਸ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।